
ਜਲੰਧਰ, ਐਚ ਐਸ ਚਾਵਲਾ।
ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵੱਲੋਂ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਗਏ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਸਮਰੱਥ ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀ ਨੂੰ ਛੱਡ ਕੇ ਕੋਈ ਵੀ ਵਿਅਕਤੀ ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰਾਂ ਮੌਕੇ ਆਮ ਵਰਤੇ ਜਾਣ ਵਾਲੇ ਪਟਾਕਿਆਂ ਜਾਂ ਹੋਰ ਵਿਸਫੋਟਕ ਸਮੱਗਰੀ ਦਾ ਭੰਡਾਰਨ, ਪ੍ਰਦਰਸ਼ਨ ਜਾਂ ਵਿਕਰੀ ਨਹੀਂ ਕਰੇਗਾ।
ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਅਕਤੀ ਨੂੰ ਇਨ੍ਹਾਂ ਮੌਕਿਆਂ ਨੂੰ ਛੱਡ ਕੇ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੁਲਿਸ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਤਿਸ਼ਬਾਜ਼ੀ ਨਿਰਧਾਰਿਤ ਸਮੇਂ ਦੌਰਾਨ ਹੀ ਹੋਵੇ ਅਤੇ ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਨਾ ਹੋਵੇ। ਸਬੰਧਿਤ ਐਸ.ਐਚ.ਓ. ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਈਲੈਂਸ ਜ਼ੋਨ (ਹਸਪਤਾਲ, ਵਿੱਦਿਅਕ ਅਦਾਰੇ ਆਦਿ ਨੇੜੇ) ਵਿੱਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਚਲਾਉਣ ’ਤੇ ਮਨਾਹੀ ਹੋਵੇਗੀ। ਇਹ ਹੁਕਮ 5 ਜਨਵਰੀ 2023 ਤੱਕ ਲਾਗੂ ਰਹਿਣਗੇ।