
ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ’ਚ ਹੋਲੋਗ੍ਰਾਮ ਤੇ ਕਿਊ ਆਰ ਕੋਡ ਸ਼ਾਮਲ
ਜਲੰਧਰ, ਐਚ ਐਸ ਚਾਵਲਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਕਰਵਾਏ ਸਾਦੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀ ਨੂੰ ਹੋਰ ਪਾਰਦਰਸ਼ੀ ਅਤੇ ਤਰੁੱਟੀ ਰਹਿਤ ਬਣਾਉਣ ਦੇ ਮੰਤਵ ਨਾਲ ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਸ਼ੁਰੂ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਰੀ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਹੀਨਾ ਅਗਸਤ ਦੌਰਾਨ ਰਜਿਸਟਰਡ ਹੋਏ 2997 ਵੋਟਰਾਂ ਦੇ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦੀ ਵੰਡ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪੱਧਰ ’ਤੇ ਕੁਝ ਵੋਟਰਾਂ ਨੂੰ ਇਹ ਸ਼ਨਾਖਤੀ ਕਾਰਡ ਤਕਸੀਮ ਕਰਕੇ ਕੀਤੀ ਗਈ ਹੈ। ਬਾਕੀ ਵੋਟਰਾਂ ਨੂੰ ਇਹ ਸ਼ਨਾਖਤੀ ਕਾਰਡ ਸਪੀਡ ਪੋਸਟ ਰਾਹੀਂ ਭੇਜੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਪੱਧਰ ’ਤੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਵੀ ਵੋਟਰਾਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਤਕਸੀਮ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ਵਿੱਚ ਹੋਲੋਗ੍ਰਾਮ ਅਤੇ ਕਿਊ ਆਰ ਕੋਡ ਨੂੰ ਸ਼ਾਮਲ ਕੀਤਾ ਗਿਆ ਹੈ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਬਲਵੀਰ ਰਾਜ ਸਿੰਘ, ਐਸ.ਡੀ.ਐਮ. ਡਾ.ਜੈ ਇੰਦਰ ਸਿੰਘ, ਐਸ.ਡੀ.ਐਮ.ਨਕੋਦਰ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਫਿਲੌਰ ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਪੰਕਜ ਬਾਂਸਲ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਬੂਥ ਲੈਵਲ ਅਫ਼ਸਰ ਅਤੇ ਵੋਟਰ ਮੌਜੂਦ ਸਨ।