ਕਿਸਾਨ ਸ਼ੁਭਕਰਨ ਦੀ ਜਾਂਚ ਲਈ ਐਸਆਈਟੀ ਬਣਾਉਣ ਦੇ ਵੀ ਹੁਕਮ
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਬਾਰਡਰ ਖੁੱਲ੍ਹਣ ਮਗਰੋਂ ਕਿਸਾਨ ਦਿੱਲੀ ਜਾਣਗੇ। ਕਿਸਾਨਾਂ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਦਿੱਲੀ ਕੂਚ ਬਾਰੇ ਅਗਲੀ ਰਣਨੀਤੀ ਮੀਟਿੰਗ ਕਰਕੇ ਉਲੀਕੀ ਜਾਵੇਗੀ।
ਦਰਅਸਲ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਸੜਕ ਕਲੀਅਰ ਕਰੇ। ਉਥੋਂ ਬੈਰੀਕੇਡ ਹਟਾ ਦਿੱਤੇ ਜਾਣ। ਹਾਈ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਸਥਿਤੀ ਸ਼ਾਂਤੀਪੂਰਨ ਹੈ। ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਹਨ। ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਕਿਸਾਨ ਆਗੂ ਮਨਜੀਤ ਰਾਏ ਨੇ ਆਖਿਆ ਹੈ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਆਖਿਆ ਕਿ ਆਖਰੀ ਫੈਸਲਾ ਮੀਟਿੰਗ ਵਿਚ ਲਿਆ ਜਾਵੇਗਾ।