ਚੰਡੀਗੜ੍ਹ :INA
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ‘ਤੇ ਇਕ ਹੋਰ ਛਿਕੰਜਾ ਕੱਸਦੇ ਹੋਏ ਆਖਿਆ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਦੋ ਸਾਲ ਤਕ ਵਰਦੀ ਨਹੀਂ ਬਦਲ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਨਵੇਂ ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਲੈਣ ਲਈ ਦਬਾਅ ਨਹੀਂ ਪਾ ਸਕਦਾ ਹੈ।
ਇਥੇ ਹੀ ਬਸ ਨਹੀਂ ਨਿੱਜੀ ਸਕੂਲਾਂ ਦੀਆਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਬਨਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਕਮੇਟੀਆਂ ਜ਼ਿਲ੍ਹੇ ਦੇ ਡੀ. ਸੀ. ਦੀ ਨਿਗਰਾਨੀ ਹੇਠ ਬਣਾਈਆਂ ਜਾਣਗੀਆਂ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਨਿੱਜੀ ਸਕੂਲ ਖ਼ਿਲਾਫ਼ ਇਸ ਕਮੇਟੀ ਕੋਲ ਸ਼ਿਕਾਇਤ ਕਰਦਾ ਹੈ ਤਾਂ ਇਹ ਸ਼ਿਕਾਇਤ ਪਹਿਲਾਂ ਡੀ. ਸੀ. ਅਤੇ ਫਿਰ ਸਿੱਧੀ ਸਿੱਖਿਆ ਮੰਤਰੀ ਕੋਲ ਪਹੁੰਚੇਗੀ।
ਸਰਕਾਰ ਨੇ ਸਖ਼ਤ ਹੁਕਮ ਦਿੰਦਿਆਂ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਕੁਤਾਹੀ ਕਰਦਾ ਹੈ ਤਾਂ ਉਸ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲਣੀ ਸੁਭਾਵਕ ਹੈ।INA

