




ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਨਵਜੋਤ ਸਿੰਘ ਸਿੱਧੂ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਨੇ ਪੰਜਾਬ ਕਾਂਗਰਸ ਵਿੱਚ ਹਲਚਲ ਮਚਾ ਦਿੱਤੀ ਹੈ। ਪਾਰਟੀ ਹਲਕਿਆਂ ‘ਚ ਚਰਚਾ ਹੈ ਕਿ ਸਿੱਧੂ ਪੰਜਾਬ ਦੇ ਮੁੱਦਿਆਂ ‘ਤੇ ਲੜਨ ਲਈ ਉਨ੍ਹਾਂ ਦੇ ਵਿਚਾਰਾਂ ਨਾਲ ਮੇਲ ਖਾਂਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਖੇਤਰੀ ਫਰੰਟ ਬਣਾਉਣ ‘ਤੇ ਵਿਚਾਰ ਕਰ ਰਹੇ ਹਨ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਆਪਣੀ ਤਸਵੀਰ ਟਵੀਟ ਕੀਤੀ ਸੀ। ਉਨ੍ਹਾਂ ਨੇ ਲਿਖਿਆ ਕਿ ‘ਪੁਰਾਣੇ ਦੋਸਤ ਪੀਕੇ ਨਾਲ ਇੱਕ ਸ਼ਾਨਦਾਰ ਮੁਲਾਕਾਤ।; ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਵਧੀਆ ਹਨ।’ ਤੁਹਾਨੂੰ ਦੱਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ ‘ਇੰਪਾਵਰਡ ਐਕਸ਼ਨ ਗਰੁੱਪ 2024’ ਦੇ ਹਿੱਸੇ ਵਜੋਂ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਭਾਵੇਂ ਖੇਤਰੀ ਫਰੰਟ ਦੇ ਗਠਨ ਨੂੰ ਲੈ ਕੇ ਸਿੱਧੂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਪਾਰਟੀ ਸੂਤਰਾਂ ਨੇ ਕਿਹਾ ਕਿ 2024 ਦੀਆਂ ਸੰਸਦੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੀਕੇ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਵੱਖ-ਵੱਖ ਤਰੀਕਿਆਂ ਨਾਲ ਸਮਝਿਆ ਜਾ ਸਕਦਾ ਹੈ। ਦਿ ਟ੍ਰਿਬਿਊਨ ਦੀ ਇੱਕ ਰਿਪੋਰਟ ਵਿੱਚ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਸਿੱਧੂ ਨੂੰ ਪਾਰਟੀ ਵਿੱਚ ਇੱਕ ਅਹਿਮ ਭੂਮਿਕਾ ਵਿੱਚ ਵਾਪਸ ਲਿਆ ਸਕਦਾ ਹੈ ਜਾਂ ਪੰਜਾਬ ਵਿੱਚ ਇੱਕ ਬਦਲਵਾਂ ਸਿਆਸੀ ਪਲੇਟਫਾਰਮ ਪ੍ਰਦਾਨ ਕਰਨ ਲਈ ਉਸ ਨੂੰ ਮਜ਼ਬੂਤ ਕਰ ਸਕਦਾ ਹੈ।

