
ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੁਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ ਵਿੱਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਇਤਰਾਜ਼ਹੀਣਤਾ ਸਰਟੀਫੀਕੇਟ (ਐਨ.ਓ.ਸੀ.) ਲਈ ਅਰਜ਼ੀ ਦਿੱਤੀ ਹੈ ਪਰ ਉਕਤ ਕਾਨੂੰਗੋ ਉਸ ਤੋਂ 8,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਪਹਿਲਾਂ ਹੀ ਉਸ ਕੋਲੋਂ 5 ਹਜਾਰ ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਉਸ ਨੂੰ ਐਨ.ਓ.ਸੀ. ਜਾਰੀ ਕਰਨ ਬਦਲੇ 3000 ਰੁਪਏ ਦੂਜੀ ਕਿਸ਼ਤ ਵਜੋਂ ਮੰਗ ਰਿਹਾ ਹੈ।