PM ਮੋਦੀ ਦੇ ਪੋਸਟਰ ਪਾੜਨ ਵਾਲੇ 4 ਲੋਕ ਗ੍ਰਿਫ਼ਤਾਰ, 100 ਤੋਂ ਵੱਧ ਲੋਕਾਂ ਖ਼ਿਲਾਫ਼ FIR ਦਰਜ
4 people arrested for tearing down PM Modi's posters; FIR registered against over 100 individuals

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਨੀਤੀਸ਼ ਸੇਤੂ ‘ਤੇ ਲਗਾਏ ਗਏ ਪੋਸਟਰ ਤੇ ਬੈਨਰ ਪਾੜਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 100 ਤੋਂ ਵੱਧ ਅਣਪਛਾਤੇ ਲੋਕਾਂ ਸਮੇਤ ਕੁੱਲ 11 ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਰਾਘੋਪੁਰ ਦੇ ਬਲਾਕ ਵਿਕਾਸ ਅਧਿਕਾਰੀ (BDO) ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਦੀ ਘਟਨਾ
ਬੀਤੇ ਸ਼ਨੀਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਮ ‘ਤੇ ਬਣੇ ਨੀਤੀਸ਼ ਸੇਤੂ ਦਾ ਉਦਘਾਟਨ ਕੀਤਾ ਸੀ। ਇਸ ਸਮਾਗਮ ਤੋਂ ਪਹਿਲਾਂ ਪੁਲ ਦੇ ਆਲੇ-ਦੁਆਲੇ ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਤੇ ਹੋਰ ਐਨਡੀਏ ਆਗੂਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਤੇ ਬੈਨਰ ਲਗਾਏ ਗਏ ਸਨ। ਇਲਜ਼ਾਮ ਹੈ ਕਿ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਦਰਜਨਾਂ ਨੌਜਵਾਨ ਤੇ ਬੱਚੇ ਹੱਥਾਂ ‘ਚ ਆਰਜੇਡੀ ਦੇ ਝੰਡੇ ਲੈ ਕੇ ਪੁਲ ‘ਤੇ ਪਹੁੰਚੇ ਤੇ ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਦੇ ਹੱਕ ‘ਚ ਨਾਅਰੇਬਾਜ਼ੀ ਕਰਨ ਲੱਗੇ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉੱਥੇ ਲੱਗੇ ਪੋਸਟਰ ਤੇ ਬੈਨਰ ਪਾੜ ਦਿੱਤੇ।
ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੀਡੀਓਜ਼ ‘ਚ ਕੁਝ ਲੋਕਾਂ ਨੂੰ ਪੋਸਟਰ ਪਾੜਦੇ ਹੋਏ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਵੱਲੋਂ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ। ਹਾਜੀਪੁਰ ਦੇ ਐਸਡੀਓ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।












