





ਚੰਡੀਗੜ੍ਹ : INA
ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਏ.ਡੀ.ਜੀ.ਪੀ ਪ੍ਰਮੋਦ ਭਾਨ ਨਵੀਂ ਬਣਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਅਗਵਾਈ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਸੀ।
ਅੱਜ ਇਸ ਲਈ ਅਫ਼ਸਰਾਂ ਦੀ ਨਿਯੁਕਤੀ ਦੇ ਰਸਮੀ ਹੁਕਮ ਜਾਰੀ ਹੋਏ। ਏ ਡੀ ਜੀ ਪੀ ਪ੍ਰਮੋਦ ਭਾਨ ਦੇ ਨਾਲ ਗੁਰਪ੍ਰੀਤ ਸਿੰਘ ਭੁੱਲਰ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਏ ਆਈ ਜੀ ਵਜੋਂ ਤਾਇਨਾਤ ਕੀਤੇ ਗਏ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ। ਅੱਜ ਸੀਐਮ ਮਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸੀਐਮ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈਕੇ ਬਿਲਕੁਲ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਸੂਬੇ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਗੈਂਗਸਟਰਾਂ ਤੋਂ ਡਰਦੀ ਹੈ ਪੁਲਿਸ – ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ
ਸਾਬਕਾ ਗ੍ਰਹਿ ਮੰਤਰੀ ਰੰਧਾਵਾ ਦਾ ਨਿਊਜ਼18 ਤੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਗੈਂਗਸਟਰਾਂ ਤੋਂ ਡਰਦੀ ਹੈ। ਰੰਧਾਵਾ ਨੇ ਕਿਹਾ ਕਿ ਡੀਜੀਪੀ ਨੂੰ ਕਈ ਮੋਬਾਇਲ ਨੰਬਰ ਦਿੱਤੇ ਸਨ ਪਰ ਕੋਈ ਐਕਸ਼ਨ ਨਹੀਂ ਹੋਇਆ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਰਕਾਰ ਨੂੰ ਬਹੁਤ ਗੰਭੀਰਤਾ ਨਾਲ ਕੰਮ ਕਰਨਾ ਪਵੇਗਾ।

