




ਪੰਜਾਬ ਦੇ ਅੱਠ ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ!
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨੋਟਿਸ ਤੋਂ ਬਾਅਦ ਵੀ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਾ ਕਰਨ ਵਾਲੇ ਪੰਜਾਬ ਦੇ ਅੱਠ ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਸਪੀਕਰ ਨੇ ਥੋੜੀ ਨਰਮੀ ਲੈਂਦੇ ਹੋਏ ਅਜਿਹੇ ਸਾਬਕਾ ਵਿਧਾਇਕਾਂ ਨੂੰ ਇਕ ਹੋਰ ਨੋਟਿਸ ਭੇਜਣ ਲਈ ਵੀ ਕਿਹਾ ਹੈ, ਜਿਸ ਤਹਿਤ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ 15 ਦਿਨਾਂ ਦਾ ਹੋਰ ਸਮਾਂ ਮਿਲੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਇਨ੍ਹਾਂ ਵਿਧਾਇਕਾਂ ਨੂੰ ਆਖਰੀ ਮੌਕੇ ਵਜੋਂ ਭੇਜੇ ਜਾ ਰਹੇ ਨੋਟਿਸ ਵਿੱਚ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਫਲੈਟ ਖਾਲੀ ਨਾ ਕੀਤੇ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ।
ਜੇਕਰ ਸਾਬਕਾ ਵਿਧਾਇਕਾਂ ਨੇ ਇਨ੍ਹਾਂ 15 ਦਿਨਾਂ ਵਿੱਚ ਸਰਕਾਰੀ ਰਿਹਾਇਸ਼ ਖਾਲੀ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਬਕਾ ਵਿਧਾਇਕਾਂ ਦੇ ਰਵੱਈਏ ‘ਤੇ ਨਾਖੁਸ਼ੀ ਜ਼ਾਹਰ ਕਰਦਿਆਂ ਸਪੀਕਰ ਨੇ ਇਸ ਨੂੰ ਸਰਕਾਰੀ ਜਾਇਦਾਦ ‘ਤੇ ਨਾਜਾਇਜ਼ ਕਬਜ਼ਾ ਕਰਾਰ ਦਿੰਦਿਆਂ ਇਸ ਦੋਸ਼ ਤਹਿਤ ਕੇਸ ਦਰਜ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ |ਬਿਕਰਮ ਸਿੰਘ ਮਜੀਠੀਆ, ਕੁਲਬੀਰ ਸਿੰਘ ਜ਼ੀਰਾ, ਗੁਰਪ੍ਰਤਾਪ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਜੀ.ਪੀ., ਸਤਕੌਰ ਕੌਰ, ਅੰਗਦ ਸਿੰਘ, ਸੁਖਪਾਲ ਸਿੰਘ ਭੁੱਲਰ ਅਤੇ ਰਮਿੰਦਰ ਸਿੰਘ ਆਵਲਾ ਨੇ ਆਪਣੀ ਸਰਕਾਰੀ ਰਿਹਾਇਸ਼ ਨਾ ਛੱਡੀ।

