ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ।
ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਇਸ ਮੌਕੇ ਮੌਜੂਦ ਰਹੇ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ।