
ਜੋਅ ਬਾਈਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸ ਵਿਚ ਭਾਰੀ ਵਾਧੇ ਦਾ ਪ੍ਰਸਤਾਵ ਕੀਤਾ ਹੈ। ਇਸ ਵਿੱਚ ਉੱਚ-ਕੁਸ਼ਲ ਵਿਦੇਸ਼ੀ ਪੇਸ਼ੇਵਰਾਂ ਵਿੱਚ ਬਹੁਤ ਮਸ਼ਹੂਰ ਐੱਚ-1ਬੀ ਵੀਜ਼ਾ ਸ਼ਾਮਲ ਹੈ, ਜੋ ਕਿ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਸ਼ਹੂਰ ਹੈ। ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਵੱਲੋਂ ਬੁੱਧਵਾਰ ਨੂੰ ਪ੍ਰਕਾਸ਼ਿਤ ਨਿਯਮ ਵਿੱਚ ਐੱਚ-1ਬੀ ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 780 ਡਾਲਰ ਅਤੇ ਐੱਲ-1 ਲਈ 460 ਡਾਲਰ ਤੋਂ ਵਧਾ ਕੇ 1,385 ਡਾਲਰ ਕਰਨ ਦਾ ਪ੍ਰਸਤਾਵ ਹੈ।
ਉਥੇ ਹੀ ਓ-1 ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 1,055 ਡਾਲਰ ਕਰਨ ਦਾ ਪ੍ਰਸਤਾਵ ਹੈ।
H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਵਿਚ ਤਕਨਾਲੋਜੀ ਦੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ‘ਤੇ ਨਿਰਭਰ ਕਰਦੀਆਂ ਹਨ। ਅਮਰੀਕੀ ਗ੍ਰਹਿ ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ USCIS ਨੂੰ ਮੁੱਖ ਤੌਰ ‘ਤੇ ਬਿਨੈਕਾਰਾਂ ਤੋਂ ਇਕੱਠੀ ਕੀਤੀ ਗਈ ਫੀਸ ਨਾਲ ਫੰਡ ਦਿੱਤਾ ਜਾਂਦਾ ਹੈ।