
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕੇਜਰੀਵਾਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਸ਼ਿਕਾਇਤਕਰਤਾ ਸ਼ਿਵ ਕੁਮਾਰ ਸਕਸੈਨਾ ਦੀ ਅਰਜ਼ੀ ‘ਤੇ ਦਿੱਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਨੂੰ 18 ਮਾਰਚ ਤੱਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦਈਏ ਕਿ ਸਾਲ 2019 ਵਿੱਚ ਅਦਾਲਤ ਵਿੱਚ ਦਾਇਰ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ, ਸਾਬਕਾ ‘ਆਪ’ ਵਿਧਾਇਕ ਗੁਲਾਬ ਸਿੰਘ ਅਤੇ ਸਾਬਕਾ ਕੌਂਸਲਰ ਨੀਤਿਕਾ ਸ਼ਰਮਾ ਨੇ ਦਿੱਲੀ ਵਿੱਚ ਕਈ ਥਾਵਾਂ ’ਤੇ ਵੱਡੇ ਆਕਾਰ ਦੇ ਹੋਰਡਿੰਗ ਲਗਾ ਕੇ ਜਾਣਬੁੱਝ ਕੇ ਜਨਤਕ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਸ਼ਿਕਾਇਤ ਵਿੱਚ ਇਨ੍ਹਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਰਾਊਜ਼ ਐਵੇਨਿਊ ਅਦਾਲਤ ਨੇ ਇਹ ਫੈਸਲਾ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਪਟੀਸ਼ਨ ‘ਚ ਕੇਜਰੀਵਾਲ ਅਤੇ ਹੋਰਨਾਂ ‘ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਗਿਆ ਹੈ।
ਅਦਾਲਤ ਨੇ ਕਿਹਾ ਕਿ ਦੇਸ਼ ‘ਚ ਗੈਰ-ਕਾਨੂੰਨੀ ਹੋਰਡਿੰਗ ਡਿੱਗਣ ਨਾਲ ਲੋਕਾਂ ਦੇ ਮਰਨ ਦੀ ਕਹਾਣੀ ਨਵੀਂ ਨਹੀਂ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ ਦਿੱਲੀ ਪ੍ਰਾਪਰਟੀ ਐਕਟ ਦੀ ਧਾਰਾ 3 ਤਹਿਤ ਕੇਜਰੀਵਾਲ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।