ਬਾਦਲ ਪਰਿਵਾਰ ਨੇ ਜਥੇਦਾਰਾਂ ਦੀ ਤੌਹੀਨ ਕਰਕੇ ਅਕਾਲ ਤਖ਼ਤ ਸਾਹਿਬ ਨਾਲ ਲਈ ਸਿੱਧੀ ਟੱਕਰ, ਜ਼ਿਲ੍ਹਾ ਪ੍ਰਧਾਨ ਨੇ ਰੋਸ ਵਜੋਂ ਦਿੱਤਾ ਅਸਤੀਫ਼ਾ
Badal family took direct confrontation with Akal Takht Sahib due to insulting Jathedars, District President resigned in protest

ਜਲੰਧਰ / ਐਸ ਐਸ ਚਾਹਲ /ਅਮਨਦੀਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਨਵੇਂ ਜਥੇਦਾਰ ਥਾਪ ਦਿੱਤੇ ਹਨ। ਹੁਣ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਹੋ ਰਿਹਾ ਹੈ ਤੇ ਇਸ ਨੂੰ ਕਾਲੇ ਦਿਨ ਦਾ ਨਾਂਅ ਦਿੱਤਾ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ‘ਤੇ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਇਹ ਬਹੁਤ ਮੰਦਭਾਗਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਰਵਉੱਚ ਸਿੱਖ ਸੰਸਥਾਵਾਂ ਨੇ 2 ਦਸੰਬਰ ਨੂੰ ਇੱਕ ਇਤਿਹਾਸਕ ਫੈਸਲਾ ਲਿਆ, ਜਿੱਥੇ ਅਕਾਲੀ ਦਲ ਬਾਦਲ ਧੜੇ ਨੂੰ ਸਜ਼ਾ ਸੁਣਾਈ ਗਈ। ਇਸ ਇਤਿਹਾਸਕ ਫੈਸਲੇ ਦਾ ਸਤਿਕਾਰ ਕਰਨ ਦੀ ਬਜਾਏ, ਜਿਸ ਤਰ੍ਹਾਂ ਅਕਾਲੀ ਦਲ ਬਾਦਲ ਦੇ ਦਬਾਅ ਹੇਠ ਤਿੰਨੋਂ ਜਥੇਦਾਰਾਂ ਨੂੰ ਇੱਕ-ਇੱਕ ਕਰਕੇ ਹਟਾ ਦਿੱਤਾ ਗਿਆ ਹੈ, ਉਹ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹੈ…”
ਇਸ ਮਸਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ 2 ਦਸੰਬਰ ਵਾਲੇ ਫੈਸਲੇ ਤੋਂ ਬਾਅਦ ਜਿਸ ਤਰ੍ਹਾਂ 3 ਜਥੇਦਾਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਗਿਆ ਹੈ ਉਹ ਬਹੁਤ ਦੁਖਦਾਈ ਹੈ। ਕੰਗ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹੁਣ ਸਿੱਧੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲਈ ਹੈ
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੂੜੈਣ ਨੇ ਦੱਸਿਆ ਕਿ 2 ਦਸੰਬਰ ਦੇ ਫੈਸਲੇ ਕਾਰਨ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ। ਪੂੜੈਣ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਬਿਨਾਂ ਦੱਸੇ ਫੈਸਲੇ ਲੈ ਰਹੇ ਸਨ। ਉਹ ਕਿਸੇ ਨੂੰ ਦੱਸੇ ਬਿਨਾਂ ਵਿਦੇਸ਼ ਵੀ ਜਾ ਰਹੇ ਸੀ। ਇਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੂੰ ਹਟਾਏ ਜਾਣ ਮਗਰੋਂ ਸੰਗਤਾਂ ਅੰਦਰ ਰੋਸ ਵਧ ਗਿਆ ਹੈ।
ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਭਰਤੀ ਤੇ ਅਹੁਦੇਦਾਰਾਂ ਦੀ ਚੋਣ ਦਾ ਹੁਕਮ ਦਿੱਤਾ ਸੀ। ਇਸ ਦੀ ਨਿਗਰਾਨੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ। ਬਾਦਲ ਧੜੇ ਨੇ ਇਸ ਕਮੇਟੀ ਨੂੰ ਮਾਨਤਾ ਨਾ ਦਿੰਦਿਆਂ ਖੁਦ ਹੀ ਭਰਤੀ ਮੁਹਿੰਮ ਵਿੱਢ ਦਿੱਤੀ ਸੀ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੋ ਦਸੰਬਰ ਦੇ ਫੈਸਲੇ ਨੂੰ ਇੰਨ-ਬਿੰਨ ਕਰਾਉਣ ਉਪਰ ਅੜੇ ਹੋਏ ਸਨ।
ਇਸ ਲਈ ਹੀ ਭਰਤੀ ਕਮੇਟੀ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਤੇ ਅਰਦਾਸ ਕੀਤੀ। ਪੰਜ ਐਕਟਿਵ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ। ਭਰਤੀ ਕਮੇਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁਰੂ ਹੋਵੇਗੀ।
ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਦਿੱਤਾ ਅਸਤੀਫ਼ਾ
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਗੁਰਿੰਦਰ ਸਿੰਘ ਗੋਗੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰਾਂ ਨੂੰ ਇਵੇ ਹਟਾਉਣ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰਾਂ ਨੂੰ ਇਵੇ ਹਟਾਉਣ ਨਾਲ ਸਿੱਖ ਸੰਗਤ ਦੇ ਦਿਲ ਵਿੱਚ ਠੇਸ ਪਹੁੰਚੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਧੱਕੇਸ਼ਾਹੀ ਕੀਤੀ ਗਈ ਹੈ।
ਜਾਣੋ ਕੌਣ ਹਨ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਕਾਰਜਕਾਰੀ ਜਥੇਦਾਰ
SGPC ਵੱਲੋਂ ਅੱਜ ਪੰਥਕ ਜਥੇਬੰਦੀ ਵਿੱਚ ਵੱਡੀ ਫੇਰ ਬਦਲ ਕੀਤੀ ਗਈ ਹੈ ਜਿਸ ਵਿੱਚ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ SGPC ਅੰਤ੍ਰਿੰਗ ਵਲੋਂ ਗਿਆਨੀ ਰਘੁਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਲਗਾਇਆ ਹੈ।
ਦੱਸ ਦੇਈਏ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਪੁੱਤਰ ਸਰਦਾਰ ਨਰਿੰਦਰ ਸਿੰਘ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ ਉਹਨਾਂ ਨੂੰ ਗੁਰਮਤਿ ਤਜੁਰਬਾ ਹੈ, ਉਹ 2001 ਤੋਂ ਸਿੱਖ ਕਥਾਵਾਚਕ ਹਨ। ਉਹਨਾਂ ਨੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿੱਦਿਆ ਪ੍ਰਾਪਤ ਕੀਤੀ ਹੈ ਅਤੇ ਇਤਿਹਾਸ ਵਿੱਚ MA ਕੀਤੀ ਹੈ।