
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ (Barnala ASI) ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ (ASI Joginder Singh Arrest in take bribe) ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਜੁਗਰਾਜ ਸਿੰਘ ਵਾਸੀ ਸ਼ਹਿਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਕਰਕੇ ਉਸ ਪਾਰਟੀ ਵਿਰੁੱਧ ਕਾਰਵਾਈ ਕਰਨ ਲਈ ਉਕਤ ਮੁਲਜ਼ਮ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਇਸ ਕੰਮ ਬਦਲੇ ਉਕਤ ਏ.ਐਸ.ਆਈ. ਨੂੰ 2500 ਰੁਪਏ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕਾਰਵਾਈ ਕਰਨ ਲਈ 4000 ਰੁਪਏ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਰੇਂਜ ਪਟਿਆਲਾ ਦੀ ਇੱਕ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।