
ਵਿਦਿਆਰਥੀਆਂ ਨੂੰ ਦੇਸ਼ ਦੇ ਸੰਵਿਧਾਨ ਬਾਰੇ ਜਾਣੂੰ ਕਰਵਾਉਣ ਲਈ ਇੰਨੋਸੈਂਟ ਹਾਰਟਸ ਦੇ ਸਾਰੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਵਿੱਚ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸੀਬੀਐੱਸਈ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਜਾਣੂੰ ਕਰਵਾਇਆ ਗਿਆ। ਸਮੂਹਿਕ ਤੌਰ ‘ਤੇ ਪ੍ਰਸਤਾਵਨਾ ਪੜ੍ਹਦੇ ਹੋਏ, ਵਿਦਿਆਰਥੀਆਂ ਨੇ ਇੱਕ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਜਮਹੂਰੀ ਗਣਰਾਜ ਦੇ ਰੂਪ ਵਿੱਚ ਭਾਰਤੀ ਗਣਰਾਜ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ ਅਤੇ ਪ੍ਰਣ ਲਿਆ ਕਿ ਉਹ ਦੇਸ਼ ਦੇ ਸੰਵਿਧਾਨ ਦੀ ਵਫ਼ਾਦਾਰੀ ਨਾਲ ਪਾਲਣਾ ਕਰਨਗੇ ਅਤੇ ਲੋਕਤੰਤਰ ਦੀ ਰੱਖਿਆ ਲਈ ਕੰਮ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ। ਇਸ ਮੌਕੇ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ‘ਸੰਵਿਧਾਨ ਦਿਵਸ’ ਸੰਬੰਧੀ ਲੇਖ ਲਿਖਣ ਦੀ ਪ੍ਰੇਰਨਾ ਦਿੱਤੀ ਗਈ।ਸੰਵਿਧਾਨ ਦਿਵਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਸਮਾਜਿਕ ਵਿਗਿਆਨ ਦੇ ਅਧਿਆਪਕਾਂ ਨੇ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਅਨੁਛੇਦ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉੱਥੇ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਰੱਖਿਆ ਲਈ ਪ੍ਰੇਰਿਤ ਕੀਤਾ।ਆਪਣੀਆਂ-ਆਪਣੀਆਂ ਬ੍ਰਾਂਚਾਂ ਦੇ ਪ੍ਰਿੰਸੀਪਲਾਂ ਨੇ ਵਿਦਿਆਰਥੀਆਂ ਨੂੰ ਡਾ: ਬੀ.ਆਰ.ਅੰਬੇਡਕਰ ਦੀ ਸੰਵਿਧਾਨ ਨਿਰਮਾਣ ਵਿੱਚ ਅਹਿਮ ਭੂਮਿਕਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੰਵਿਧਾਨ ਦੇ ਤੱਥਾਂ ਤੋਂ ਜਾਣੂੰ ਕਰਵਾਉਂਦਿਆਂ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤੱਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਵੇਂ ਇਹ ਦੋਵੇਂ ਇੱਕ ਦੂਜੇ ਦੇ ਪੂਰਕ ਹਨ।